ਮੁੱਖ ਮੰਤਰੀ ਵਲੋਂ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ 8 ਨੁਕਾਤੀ ਏਜੰਡਾ ਤਿਆਰ

Punjab Junction Weekly Newspaper / 01 November 2022

ਚੰਡੀਗੜ੍ਹ,
ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ‘ਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਅੱਠ ਨੁਕਾਤੀ ਯੋਜਨਾ ਤਿਆਰ ਕੀਤੀ ਹੈ | ਪਰਾਲੀ ਸਾੜਨ ਵਿਰੁੱਧ ਮੁਹਿੰਮ ਦੀ ਅਗਵਾਈ ਕਰ ਰਹੇ ਮੁੱਖ ਮੰਤਰੀ ਨੇ ਇਸ ਰੁਝਾਨ ਨੂੰ ਰੋਕਣ ਲਈ ਸਾਰੇ ਜ਼ਿਲਿ੍ਹਆਂ ‘ਚ ਕੀਤੇ ਜਾ ਰਹੇ ਯਤਨਾਂ ਦਾ ਨਿੱਜੀ ਤੌਰ ‘ਤੇ ਜਾਇਜ਼ਾ ਲੈਣ ਦਾ ਫ਼ੈਸਲਾ ਕੀਤਾ ਹੈ ਤੇ ਉਨ੍ਹਾਂ ਅਧਿਕਾਰੀਆਂ ਨੂੰ ਇਸ ਯੋਜਨਾ ਨੂੰ ਮਿਸ਼ਨਰੀ ਉਤਸ਼ਾਹ ਨਾਲ ਨਤੀਜਾਮੁਖੀ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ | ਉਨ੍ਹਾਂ ਕਿਹਾ ਕਿ ਇਸ ਯੋਜਨਾ ਦੇ ਹਿੱਸੇ ਵਜੋਂ ਸੂਬਾ ਸਰਕਾਰ ਨੇ ਹਾਲ ਹੀ ‘ਚ ਪਰਾਲੀ ਦੇ ਖੇਤਾਂ ‘ਚ ਨਿਬੇੜੇ ਲਈ 30,000 ਮਸ਼ੀਨਾਂ ਵੰਡੀਆਂ ਹਨ, ਜਿਸ ਨਾਲ ਅਜਿਹੀਆਂ ਮਸ਼ੀਨਾਂ ਦੀ ਕੁੱਲ ਗਿਣਤੀ 1.2 ਲੱਖ ਹੋ ਗਈ ਹੈ | ਭਗਵੰਤ ਮਾਨ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਸੂਬੇ ਦੇ ਸਾਰੇ ਕਿਸਾਨਾਂ ਨੂੰ ਪਿੰਡ-ਵਾਰ ਸੀ.ਆਰ.ਐਮ. ਮਸ਼ੀਨ ਦੀ ਕਿਸਮ ਅਤੇ ਮਾਲਕਾਂ ਦੇ ਸੰਪਰਕ ਨੰਬਰ ਦਿੱਤੇ ਗਏ ਹਨ | ਮੁੱਖ ਮੰਤਰੀ ਨੇ ਕਿਹਾ ਕਿ ਪਰਾਲੀ ਸਾੜਨ ਵਿਰੁੱਧ ਸੂਬੇ ਭਰ ‘ਚ ਮੁਹਿੰਮ ਵਿੱਢੀ ਗਈ ਹੈ | ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀ ਸਮੱਸਿਆ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਧਾਇਕਾਂ ਤੇ ਸੀਨੀਅਰ ਅਧਿਕਾਰੀਆਂ ਵਲੋਂ ਸੰਵੇਦਨਸ਼ੀਲ ਖੇਤਰਾਂ ‘ਚ ਮੀਟਿੰਗਾਂ, ਗੁਰਦੁਆਰਿਆਂ ਤੋਂ ਐਲਾਨ, ਸਰਪੰਚਾਂ, ਕਿਸਾਨ ਯੂਨੀਅਨਾਂ ਤੇ ਹੋਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਭਗਵੰਤ ਮਾਨ ਨੇ ਕਿਹਾ ਕਿ ਪਰਾਲੀ ਸਾੜਨ ਦੇ ਖ਼ਤਰਨਾਕ ਰੁਝਾਨ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ‘ਚ ਸਿਹਤ ਤੇ ਸਿੱਖਿਆ ਵਿਭਾਗ ਦੀ ਵਿਆਪਕ ਸ਼ਮੂਲੀਅਤ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ | ਉਨ੍ਹਾਂ ਅਧਿਕਾਰੀਆਂ ਨੂੰ ਪਰਾਲੀ ਨੂੰ ਅੱਗ ਲਗਾ ਕੇ ਸੂਬੇ ਦਾ ਵਾਤਾਵਰਨ ਦੂਸ਼ਿਤ ਕਰਨ ਵਾਲਿਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ | ਲੋਕਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸੂਬੇ ‘ਚ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਣ ਲਈ ਅਹਿਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ |

 

Chief Editor- Jasdeep Singh  (National Award Winner)