ਮੁੱਖ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

Punjab Junction Weekly Newspaper / 23 October 2022

ਅੰਮ੍ਰਿਤਸਰ, 22 ਅਕਤੂਬਰ-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕੀਤੇ। ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵੀ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਰਸ਼ਨ ਕਰਨ ਸਮੇਂ ਦੀਆਂ ਤਸੀਵਰਾਂ ਸਾਂਝੀਆਂ ਕਰਦਿਆਂ ਲਿਖਿਆ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਦੀਵਾਲੀ ਮੌਕੇ ਨਤਮਸਤਕ ਹੋਣ ਦਾ ਸੁਭਾਗ ਸਮਾਂ ਮਿਲਿਆ, ਗੁਰੂ ਚਰਨਾ ‘ਚ ਮੱਥਾ ਟੇਕਿਆ ਤੇ ਪੰਜਾਬ ਤੇ ਪੰਜਾਬੀਆਂ ਦੀ ਚੜ੍ਹਦੀ ਕਲਾ ਤੇ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਹਰਭਜਨ ਸਿੰਘ ਈ. ਟੀ. ਓ. ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ, ਸਕੱਤਰ ਪ੍ਰਤਾਪ ਸਿੰਘ ਤੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਵੀ ਸਨ। ਉਪਰੰਤ ਮੁੱਖ ਮੰਤਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿਘ ਨੂੰ ਵੀ ਮਿਲਣ ਪੁੱਜੇ। ਇਸ ਮੌਕੇ ਉਨ੍ਹਾਂ ਜਿਥੇ ਜਥੇਦਾਰ ਨਾਲ ਕੁਝ ਸਮਾਂ ਆਪਣੇ ਸਾਥੀ ਮੰਤਰੀਆਂ ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਤੇ ਹੋਰ ਸ਼ਖ਼ਸੀਅਤਾਂ ਦੀ ਹਾਜ਼ਰੀ ‘ਚ ਕੁਝ ਪਲ ਮੁਲਾਕਾਤ ਕੀਤੀ ਉਥੇ ਉਨ੍ਹਾਂ ਕਰੀਬ ਪੌਣਾ ਘੰਟਾ ਜਥੇਦਾਰ ਨਾਲ ਕੁਝ ਮਸਲਿਆਂ ਨੂੰ ਲੈ ਕੇ ਵੱਖਰੇ ਤੌਰ ‘ਤੇ ਬੰਦ ਕਮਰਾ ਮੀਟਿੰਗ ਵੀ ਕੀਤੀ। ਇਸ ਦੌਰਾਨ ਸਿੰਘ ਸਾਹਿਬ ਤੇ ਮੁੱਖ ਮੰਤਰੀ ਨੇ ਇਕੱਠਿਆਂ ਦੁਪਹਿਰ ਦਾ ਪ੍ਰਸ਼ਾਦਾ ਵੀ ਛਕਿਆ। ਜਥੇਦਾਰ ਵਲੋਂ ਇਸ ਮੌਕੇ ਮੁੱਖ ਮੰਤਰੀ ਨੂੰ ਸਕੱਤਰੇਤ ਵਿਖੇ ਸਨਮਾਨਿਤ ਕੀਤਾ ਗਿਆ। ਜਾਣਕਾਰ ਸੂਤਰਾਂ ਅਨੁਸਾਰ ਮੁੱਖ ਮੰਤਰੀ ਦੀ ਜਥੇਦਾਰ ਨਾਲ ਮੀਟਿੰਗ ਭਾਵੇਂ ਗੈਰ-ਰਸਮੀ ਸੀ, ਪਰ ਜਥੇਦਾਰ ਵਲੋਂ ਮੁੱਖ ਮੰਤਰੀ ਕੋਲ ਪੰਜਾਬ ਦੇ ਵਿਕਾਸ ਦਾ ਮੁੱਦਾ ਉਠਾਇਆ ਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਕਿਹਾ ਤਾਂ ਕਿ ਰੋਜ਼ਗਾਰ ਦੀ ਖਾਤਰ ਵਿਦੇਸ਼ਾਂ ਵੱਲ ਪ੍ਰਵਾਜ਼ ਭਰ ਰਹੇ ਪੰਜਾਬੀ ਨੌਜਵਾਨਾਂ ਨੂੰ ਇਥੇ ਰੋਕਿਆ ਜਾ ਸਕੇ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਅੱਜ ਜਥੇਦਾਰ ਅਕਾਲ ਤਖ਼ਤ ਸਾਹਿਬ ਨਾਲ ਮੀਟਿੰਗ ਕਰਕੇ ਵਿਚਾਰ ਚਰਚਾ ਕੀਤੀ ਹੈ ਕਿ ਪੰਜਾਬ ‘ਚ ਭਾਈਚਾਰਕ ਸਾਂਝ ਬਣੀ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਦੇ ਨਾਂਅ ‘ਤੇ ਵੱਸਦਾ ਹੈ ਤੇ ਹਮੇਸ਼ਾਂ ਹੱਸਦਾ ਵੱਸਦਾ ਰਹੇ।

Chief Editor- Jasdeep Singh  (National Award Winner)