ਸੁਪਰੀਮ ਕੋਰਟ ਦੀ ਸੇਵਾਮੁਕਤ ਜੱਜ ਇੰਦੂ ਮਲਹੋਤਰਾ ਦੀ ਅਗਵਾਈ ਵਾਲੀ ਕਮੇਟੀ ਕਰੇਗੀ ਜਾਂਚ

Punjab Junction Newspaper | 13 January 2022

ਨਵੀਂ ਦਿੱਲੀ, -ਸੁਪਰੀਮ ਕੋਰਟ ਦੀ ਸੇਵਾਮੁਕਤ ਜੱਜ ਇੰਦੂ ਮਲਹੋਤਰਾ ਦੀ ਅਗਵਾਈ ਵਾਲੀ ਪੰਜ ਮੈਂਬਰੀ ਕਮੇਟੀ ਪੰਜਾਬ ਦੇ ਫ਼ਿਰੋਜ਼ਪੁਰ ‘ਚ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਹੋਈ ਕੁਤਾਹੀ ਦੇ ਮਾਮਲੇ ਦੀ ਜਾਂਚ ਕਰੇਗੀ। ਸੁਪਰੀਮ ਕੋਰਟ ਵਲੋਂ ਗਠਿਤ ਕਮੇਟੀ ‘ਚ ਰਾਸ਼ਟਰੀ ਪੜਤਾਲੀਆ ਏਜੰਸੀ (ਐੱਨ.ਆਈ.ਏ.) ਦੇ ਆਈ.ਜੀ., ਚੰਡੀਗੜ੍ਹ ਦੇ ਡੀ.ਜੀ.ਪੀ., ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਰਜਿਸਟਰਾਰ ਜਨਰਲ ਤੇ ਪੰਜਾਬ ਦੇ ਵਧੀਕ ਡੀ.ਜੀ.ਪੀ. (ਸੁਰੱਖਿਆ) ਸ਼ਾਮਿਲ ਹਨ। ਸੁਪਰੀਮ ਕੋਰਟ ਦੇ ਬੈਂਚ ਨੇ ਕਮੇਟੀ ਦੇ ਗਠਨ ਦਾ ਐਲਾਨ ਕਰਦਿਆਂ ਕਿਹਾ ਕਿ ਇਹ (ਪ੍ਰਧਾਨ ਮੰਤਰੀ ਦੀ ਸੁਰੱਖਿਆ ਦਾ) ਸਵਾਲ ਕਿਸੇ ਇਕਪਾਸੜ ਜਾਂਚ ‘ਤੇ ਨਹੀਂ ਛੱਡਿਆ ਜਾ ਸਕਦਾ। ਇਸ ਲਈ ਸਾਨੂੰ ਸੁਤੰਤਰ ਜਾਂਚ ਦੀ ਲੋੜ ਹੈ। ਸੁਪਰੀਮ ਕੋਰਟ ਨੇ ਪੰਜਾਬ ਤੇ ਹਾਈਕੋਰਟ ਦੇ ਰਜਿਸਟਰਾਰ ਜਨਰਲ ਨੂੰ ਪੰਜਾਬ ਸਰਕਾਰ ਵਲੋਂ ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਕੀਤੇ ਬੰਦੋਬਸਤ ਨਾਲ ਸੰਬੰਧਿਤ ਸਾਰੇ ਜ਼ਬਤ ਦਸਤਾਵੇਜ਼ ਤੁਰੰਤ ਕਮੇਟੀ ਦੇ ਮੁਖੀ ਨੂੰ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ। ਚੀਫ਼ ਜਸਟਿਸ ਐੱਨ.ਵੀ. ਰਮੰਨਾ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਪੈਨਲ ਜਲਦ ਤੋਂ ਜਲਦ ਆਪਣੀ ਰਿਪੋਰਟ ਪੇਸ਼ ਕਰੇਗਾ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਤੱਕ ਮਾਮਲਾ ਪਹੁੰਚਣ ਤੋਂ ਪਹਿਲਾਂ ਪੰਜਾਬ ਸਰਕਾਰ ਵਲੋਂ ਸੇਵਾਮੁਕਤ ਜੱਜ ਮਹਿਤਾਬ ਗਿੱਲ ਦੀ ਅਗਵਾਈ ਹੇਠ ਇਕ ਜਾਂਚ ਕਮੇਟੀ ਦਾ ਗਠਨ ਕੀਤਾ ਸੀ, ਜਦਕਿ ਕੇਂਦਰ ਸਰਕਾਰ ਵਲੋਂ ਆਪਣੇ ਪੱਧਰ ‘ਤੇ ਇਕ ਜਾਂਚ ਕਮੇਟੀ ਦਾ ਗਠਨ ਕੀਤਾ ਸੀ। ਸੁਪਰੀਮ ਕੋਰਟ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਦੋਵਾਂ ਕਮੇਟੀਆਂ ਦੀ ਜਾਂਚ ਰੋਕ ਦਿੱਤੀ ਸੀ। ਸੁਪਰੀਮ ਕੋਰਟ ਨੇ ਜਾਂਚ ਕਮੇਟੀ ਨੂੰ ਸੁਰੱਖਿਆ ‘ਚ ਕੁਤਾਹੀ ਦੇ ਕਾਰਨਾਂ, ਇਸ ਲਈ ਜ਼ਿੰਮੇਵਾਰ ਲੋਕਾਂ ਦਾ ਪਤਾ ਲਗਾਉਣ ਨੂੰ ਕਿਹਾ। ਇਸ ਦੇ ਨਾਲ ਕਮੇਟੀ ਨੂੰ ਪ੍ਰਧਾਨ ਮੰਤਰੀ ਸਮੇਤ ਹੋਰ ਸੁਰੱਖਿਆ ਪ੍ਰਾਪਤ ਲੋਕਾਂ ਲਈ ਸੁਰੱਖਿਆ ‘ਚ ਸੁਧਾਰ ਲਈ ਸੁਝਾਅ ਅਤੇ ਸਿਫ਼ਾਰਸ਼ਾਂ ਦੇਣ ਨੂੰ ਵੀ ਕਿਹਾ। ਹਾਲਾਂਕਿ ਸੁਪਰੀਮ ਕੋਰਟ ਵਲੋਂ ਰਿਪੋਰਟ ਸਪੁਰਦ ਕਰਨ ਲਈ ਕੋਈ ਵੀ ਸਮਾਂ ਹੱਦ ਨਿਸਚਿਤ ਨਹੀਂ ਕੀਤੀ ਗਈ ਪਰ ਕਮੇਟੀ ਨੂੰ ਛੇਤੀ ਤੋਂ ਛੇਤੀ ਰਿਪੋਰਟ ਸੌਂਪਣ ਲਈ ਕਿਹਾ ਹੈ।

                                                          …………………..…………Chief Editor Jasdeep Singh