Punjab Junction Newspaper | 07 January 2022
ਦਿੱਲੀ, -ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਪੰਜਾਬ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਸੰਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਅਤੇ ਗ੍ਰਹਿ ਮੰਤਰਾਲਾ ਵੱਡੇ ਅਤੇ ਸਖ਼ਤ ਫ਼ੈਸਲੇ ਲਵੇਗਾ | ਕੈਬਨਿਟ ਮੀਟਿੰਗ ਦੇ ਫ਼ੈਸਲਿਆਂ ਬਾਰੇ ਮੀਡੀਆ ਨੂੰ ਜਾਣਕਾਰੀ ਦੇਣ ਸਮੇਂ ਪੁੱਛੇ ਇਕ ਸਵਾਲ ਦੇ ਜਵਾਬ ‘ਚ ਅਨੁਰਾਗ ਨੇ ਕਿਹਾ ਕਿ ਇਸ ਸੰਬੰਧ ‘ਚ ਕੁਝ ਲੋਕਾਂ ਨੇ ਸੁਪਰੀਮ ਕੋਰਟ ਦਾ ਵੀ ਰੁਖ਼ ਕੀਤਾ ਹੈ | ਗ੍ਰਹਿ ਮੰਤਰਾਲੇ ਨੇ ਵੀ ਕਾਰਵਾਈ ਕਰਨ ਦੀ ਗੱਲ ਆਖੀ ਹੈ | ਉਨ੍ਹਾਂ ਕਿਹਾ ਕਿ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਜੋ ਵੀ ਕਦਮ ਉਠਾਏ ਜਾਣਗੇ ਉਹ ਵੱਡੇ ਤੇ ਸਖ਼ਤ ਹੋਣਗੇ | ਉਨ੍ਹਾਂ ਕਿਹਾ ਕਿ ਇਹ ਮੇਰਾ ਪੱਕਾ ਵਿਸ਼ਵਾਸ ਹੈ ਕਿ ਦੇਸ਼ ਦੀ ਨਿਆਇਕ ਪ੍ਰਣਾਲੀ ਹਰ ਇਕ ਨਾਲ ਇਨਸਾਫ ਕਰਦੀ ਹੈ ਅਤੇ ਜਦੋਂ ਅਜਿਹੀਆਂ ਗਲਤੀਆਂ ਹੁੰਦੀਆਂ ਹਨ, ਜੋ ਵੀ ਕਦਮ ਚੁੱਕਣ ਦੀ ਜ਼ਰੂਰਤ ਹੋਵੇਗੀ, ਉਹ ਚੁੱਕੇ ਜਾਣਗੇ |
ਵੀਰਵਾਰ ਨੂੰ ਹੋਈ ਕੇਂਦਰੀ ਕੈਬਨਿਟ ਦੀ ਮੀਟਿੰਗ ‘ਚ ਪ੍ਰਧਾਨ ਮੰਤਰੀ ਮੋਦੀ ਦੀ ਸੁਰੱਖਿਆ ‘ਚ ਕੁਤਾਹੀ ਦੇ ਮੁੱਦੇ ਸੰਬੰਧੀ ਚਰਚਾ ਕੀਤੀ ਗਈ | ਕਈ ਮੰਤਰੀਆਂ ਨੇ ਇਸ ਘਟਨਾ ‘ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਇਸ ਮਾਮਲੇ ‘ਚ ਮਿਸਾਲੀ ਕਾਰਵਾਈ ਦੀ ਮੰਗ ਕੀਤੀ | ਸੂਤਰਾਂ ਮੁਤਾਬਿਕ ਸਾਰੇ ਮੰਤਰੀਆਂ ਨੇ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਕੁਝ ਨੇ ਸਖ਼ਤ ਕਾਰਵਾਈ ਦੀ ਮੰਗ ਕੀਤੀ | ਮੰਤਰੀਆਂ ਨੇ ਇਹ ਵੀ ਕਿਹਾ ਕਿ ਇਸ ਤੋਂ ਪਹਿਲਾਂ ਕਦੇ ਵੀ ਕਿਸੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਨਾਲ ਇਸ ਤਰ੍ਹਾਂ ਸਮਝੌਤਾ ਨਹੀਂ ਹੋਇਆ | ਸੂਤਰਾਂ ਨੇ ਦੱਸਿਆ ਕਿ ਇਸ ਮੁੱਦੇ ‘ਤੇ ਉੱਚ ਪੱਧਰ ‘ਤੇ ਚਰਚਾ ਕੀਤੀ ਜਾ ਰਹੀ ਹੈ ਅਤੇ ਕੇਂਦਰੀ ਗ੍ਰਹਿ ਮੰਤਰੀ ਭਵਿੱਖ ‘ਚ ਅਜਿਹੀ ਘਟਨਾ ਤੋਂ ਬਚਣ ਲਈ ਕੁਝ ਮਿਸਾਲੀ ਕਦਮ ਚੁੱਕ ਸਕਦੇ ਹਨ |
3 ਮੈਂਬਰੀ ਕਮੇਟੀ ਦਾ ਗਠਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਪ੍ਰਬੰਧਾਂ ‘ਚ ਗੰਭੀਰ ਖਾਮੀਆਂ ਦੀ ਜਾਂਚ ਲਈ ਕੇਂਦਰ ਨੇ ਇਕ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ | ਗ੍ਰਹਿ ਮੰਤਰਾਲੇ ਨੇ ਟਵੀਟ ਕਰਕੇ ਦੱਸਿਆ ਕਿ ਤਿੰਨ ਮੈਂਬਰੀ ਕਮੇਟੀ ਦੀ ਅਗਵਾਈ ਕੈਬਨਿਟ ਸਕੱਤਰੇਤ ਦੇ ਸਕੱਤਰ (ਸੁਰੱਖਿਆ) ਸੁਧੀਰ ਕੁਮਾਰ ਸਕਸੈਨਾ ਕਰਨਗੇ ਅਤੇ ਇਸ ‘ਚ ਇੰਟੈਲੀਜੈਂਸ ਬਿਊਰੋ ਦੇ ਸੰਯੁਕਤ ਡਾਇਰੈਕਟਰ ਬਲਬੀਰ ਸਿੰਘ ਅਤੇ ਸਪੈਸ਼ਲ ਪ੍ਰੋਟੈਕਸ਼ਨ ਗਰੁੱਪ (ਐਸ. ਪੀ. ਜੀ.) ਦੇ ਆਈ. ਜੀ. ਐਸ. ਸੁਰੇਸ਼ ਸ਼ਾਮਿਲ ਹੋਣਗੇ | ਮੰਤਰਾਲੇ ਨੇ ਕਮੇਟੀ ਨੂੰ ਜਲਦੀ ਤੋਂ ਜਲਦੀ ਰਿਪੋਰਟ ਸੌਂਪਣ ਦੀ ਸਲਾਹ ਵੀ ਦਿੱਤੀ ਹੈ | ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜ ਸਰਕਾਰ ਨੂੰ ਵੀ ਤੁਰੰਤ ਰਿਪੋਰਟ ਦਾਇਰ ਕਰਨ ਦੇ ਨਿਰਦੇਸ਼ ਦਿੱਤੇ ਹਨ | ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਦੀ ਫੇਰੀ ਦੌਰਾਨ ਸੁਰੱਖਿਆ ‘ਚ ਅਜਿਹੀ ਲਾਪਰਵਾਹੀ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ ਅਤੇ ਇਸ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ |