Punjab Junction Weekly Newspaper / 02 OCTUBER 2024
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬਾ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਮੌਜੂਦਾ ਪੰਚਾਇਤ ਚੋਣਾਂ ਵਿਚ ਇਹ ਯਕੀਨੀ ਬਣਾਇਆ ਜਾਵੇ ਕਿ ਐਨ ਓ ਸੀ ਜਾਂ ਚੁੱਲ੍ਹਾ ਟੈਕਸ ਦੇ ਆਧਾਰ ’ਤੇ ਕੋਈ ਵੀ ਦਸਤਾਵੇਜ਼ ਰੱਦ ਨਾ ਕੀਤਾ ਜਾਵੇ।
ਸੂਬਾ ਚੋਣ ਕਮਿਸ਼ਨ ਨੂੰ ਲਿਖੇ ਪੱਤਰ ਵਿਚ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਭਾਵੇਂ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਇਸ ਸਬੰਧ ਵਿਚ ਹਦਾਇਤਾਂ ਜਾਰੀ ਕੀਤੀਆਂ ਹਨ ਪਰ ਉਹਨਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ। ਉਹਨਾਂ ਨੇ ਕਮਿਸ਼ਨ ਨੂੰ ਬੇਨਤੀ ਕੀਤੀ ਕਿ ਉਹ ਸਾਰੇ ਰਿਟਰਨਿੰਗ ਅਫਸਰਾਂ ਨੂੰ ਹਦਾਇਤ ਕਰਨ ਕਿ ਜੇਕਰ ਉਹ ਐਨ ਓ ਸੀ ਨਾ ਹੋਣ ਤੇ ਚੁੱਲ੍ਹਾ ਟੈਕਸ ਨਾ ਭਰਨ ਕਾਰਣ ਕੋਈ ਨਾਮਜ਼ਦਗੀ ਪੱਤਰ ਰੱਦ ਕਰਨਾ ਵੀ ਚਾਹੁੰਦੇ ਹਨ ਤਾਂ ਉਹ ਇਹਨਾਂ ਦੀ ਘੋਖ ਲਈ ਇਹਨਾਂ ਨੂੰ ਕਮਿਸ਼ਨ ਕੋਲ ਭੇਜਣ। ਉਹਨਾਂ ਕਿਹਾ ਕਿ ਇਸ ਵੇਲੇ ਪੰਚਾਇਤੀ ਵਿਕਾਸ ਵਿਭਾਗ ਦੇ ਅਫਸਰ ਜਾਣ ਬੁੱਝ ਕੇ ਨਾਮਜ਼ਦਗੀ ਪੱਤਰਾਂ ਬਾਰੇ ਫੈਸਲੇ ਲਟਕਾ ਰਹੇ ਹਨ ਤਾਂ ਜੋ ਆਖਰੀ ਮੌਕੇ ਇਹਨਾਂ ਨੂੰ ਰੱਦ ਕੀਤਾ ਜਾ ਸਕੇ ਤਾਂ ਜੋ ਬਿਨੈਕਾਰਾਂ ਕੋਲ ਚੋਣ ਪ੍ਰਕਿਰਿਆ ਪੂਰੀ ਹੋਣ ਮਗਰੋਂ ਹਾਈ ਕੋਰਟ ਕੋਲ ਪਹੁੰਚ ਕਰਨ ਤੋਂ ਇਲਾਵਾ ਹੋਰ ਕੋਈ ਚਾਰਾ ਨਾ ਰਹੇ।
ਡਾ. ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਕਮਿਸ਼ਨ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਲੋਕਤੰਤਰ ਦੀ ਰਾਖੀ ਕਰੇ ਜਿਸਦਾ ਆਮ ਆਦਮੀ ਪਾਰਟੀ (ਆਪ) ਮੌਜੂਦਾ ਪੰਚਾਇਤ ਚੋਣਾਂ ਵਿਚ ਕਤਲ ਕਰ ਰਹੀ ਹੈ।
Chief Editor- Jasdeep Singh (National Award Winner)