Punjab Junction Newspaper | 24 January 2022
ਕਪੂਰਥਲਾ,
ਸੀਨੀਅਰ ਕਾਂਗਰਸੀ ਆਗੂ ਤੇ ਤਕਨੀਕੀ ਸਿੱਖਿਆ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਇਕ ਚਿੱਠੀ ਭੇਜ ਕੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪਾਰਟੀ ‘ਚੋਂ ਕੱਢਣ ਦੀ ਮੰਗ ਕੀਤੀ ਹੈ | ਉਨ੍ਹਾਂ ਚਿੱਠੀ ‘ਚ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਕਥਿਤ ਤੌਰ ‘ਤੇ ਡਰੱਗ ਮਨੀ ਲਾਂਡਰਿੰਗ ਦੇ ਮਾਮਲੇ ‘ਚ ਈ.ਡੀ. ਵਲੋਂ ਕੀਤੀ ਗਈ ਛਾਪੇਮਾਰੀ ਉਪਰੰਤ ਨਿਆਂਇਕ ਹਿਰਾਸਤ ਵਿਚ ਹੈ ਤੇ ਇਹ ਮਾਮਲਾ ਡਰੱਗ ਮਨੀ ਨਾਲ ਕਥਿਤ ਤੌਰ ‘ਤੇ ਜੁੜਿਆ ਹੋਇਆ ਹੈ | ਰਾਣਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਨਸ਼ਿਆਂ ਦੇ ਖ਼ਿਲਾਫ਼ ਰਹੀ ਹੈ | ਉਨ੍ਹਾਂ ਕਿਹਾ ਕਿ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪੰਜਾਬ ‘ਚ ਨਸ਼ੇ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਸਾਲ 2015 ‘ਚ ਮੁੱਦਾ ਚੁੱਕਿਆ ਸੀ ਤੇ ਸਾਡੀ ਪਾਰਟੀ ਕਿਸ ਤਰ੍ਹਾਂ ਅਜਿਹੇ ਵਿਅਕਤੀ ਨੂੰ ਟਿਕਟ ਦੇ ਸਕਦੀ ਹੈ, ਜਿਸ ‘ਤੇ ਕਥਿਤ ਤੌਰ ‘ਤੇ ਨਸ਼ਿਆਂ ਦੇ ਪੈਸੇ ਸਬੰਧੀ ਦੋਸ਼ ਲੱਗੇ ਹੋਣ | ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਚੋਣਾਂ ਦੌਰਾਨ ਕਾਂਗਰਸੀ ਆਗੂਆਂ ਤੇ ਉਨ੍ਹਾਂ ਦੇ ਉਮੀਦਵਾਰਾਂ ਨੂੰ ਜਵਾਬ ਦੇਣਾ ਮੁਸ਼ਕਿਲ ਹੋ ਜਾਵੇਗਾ |